ਬਰਨਾਲਾ 'ਚ ਕਿਸਾਨਾਂ ਵੱਲੋਂ ਕਾਰਪੋਰੇਟ ਕੰਪਨੀਆਂ ਦੇ ਘਿਰਾਉ ਦੀ ਰੂਪਰੇਖਾ ਤਿਆਰ
ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਬੁੱਧਵਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਦੇ ਪਿੰਡ ਚੀਮਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕਾਰਪੋਰੇਟ ਕੰਪਨੀਆਂ ਦੇ ਅਦਾਰਿਆਂ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਆਗੂਆਂ ਕ੍ਰਿਸ਼ਨ ਸਿੰਘ, ਬਲਜਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਫ਼ੈਸਲੇ ਤਹਿਤ ਹੁਣ ਵੀਰਵਾਰ ਤੋਂ ਅੰਬਾਨੀ ਅਤੇ ਅਡਾਨੀ ਦੇ ਕਾਰਪੋਰੇਟ ਅਦਾਰਿਆਂ ਪੈਟਰੋਲ ਪੰਪਾਂ, ਸ਼ਾਪਿੰਗ ਮਾਲ ਅਤੇ ਟੋਲ ਪਲਾਜ਼ਾ ਦਾ ਘਿਰਾਓ ਕੀਤਾ ਜਾਵੇਗਾ। ਬਰਨਾਲਾ ਜ਼ਿਲ੍ਹੇ ਵਿੱਚ ਪੰਜ ਥਾਵਾਂ 'ਤੇ ਕਾਰਪੋਰੇਟ ਅਦਾਰਿਆਂ ਅੱਗੇ ਮੋਰਚੇ ਲਗਾਏ ਜਾ ਰਹੇ ਹਨ, ਜਿਸਦੀ ਸ਼ੁਰੂਆਤ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਬਡਬਰ ਵਿਖੇ ਟੋਲ ਪਲਾਜ਼ੇ 'ਤੇ ਮੋਰਚਾ ਲਗਾ ਕੇ ਕੀਤੀ ਜਾਵੇਗੀ।