'ਗੜ੍ਹਸ਼ੰਕਰ 'ਚ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਨਹੀਂ ਆਉਣ ਦਿੱਤੀ ਜਾਵੇਗੀ ਪੈਸੇ ਦੀ ਕਮੀ'
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ (ਬਸਤੀ ਸੈਹਿਸੀਆਂ) ਵਿਖੇ ਗਲੀਆਂ-ਨਾਲੀਆਂ ਦੇ ਉਦਘਾਟਨ ਲਈ ਸੋਮਵਾਰ ਨੂੰ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਲਡੀ ਨੇ ਦੱਸਿਆ ਕਿ ਪਿੰਡ ਦੇਨੋਵਾਲ ਖੁਰਦ ਵਿਖੇ ਕਰੀਬ 20 ਲੱਖ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਇਸ ਦੇ ਮੱਦੇਨਜ਼ਰ ਹੀ ਅੱਜ ਪਿੰਡ ਵਿੱਚ ਗਲੀਆਂ, ਨਾਲੀਆਂ ਦਾ ਉਦਘਾਟਨ ਕੀਤਾ ਗਿਆ। ਗੋਲਡੀ ਨੇ ਕਿਹਾ ਕਿ ਹਲਕੇ ਵਿੱਚ ਵਿਕਾਸ ਦੇ ਕੰਮ ਬਿਨ੍ਹਾਂ ਕਿਸੇ ਭੇਦਭਾਵ ਦੇ ਨਿਰੰਤਰ ਜਾਰੀ ਹਨ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।