ਕਿਰਤੀ ਕਿਸਾਨ ਯੂਨੀਅਨ ਨੇ ਹਾਥਰਸ ਕਾਂਡ ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਮੁਜ਼ਾਹਰੇ
ਰਾਏਕੋਟ: ਬਲਾਕ ਦੇ ਪਿੰਡ ਅੱਚਰਵਾਲ ਅਤੇ ਝੋਰੜਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਨੇ ਉੱਤਰ ਪ੍ਰੇਸ਼ ਦੇ ਹਾਥਰਸ ਵਿਖੇ ਵਾਪਰੇ ਜਬਰ-ਜਨਾਹ ਤੇ ਕਤਲ ਮਾਮਲੇ ਅਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੇ ਆਖਿਆ ਕਿ ਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਭਾਜਪਾ ਦੇ ਰਾਜ ਵਾਲੇ ਸੂਬਿਆਂ ਵਿੱਚ ਔਰਤਾਂ ਤੇ ਘੱਟ ਗਿਣਤੀਆਂ 'ਤੇ ਅੱਤਿਆਚਾਰ ਹੋ ਰਹੇ ਹਨ, ਜਦਕਿ ਭਾਜਪਾ ਸਰਕਾਰਾਂ ਦੋਸ਼ੀਆਂ ਨੂੰ ਬਚਾਉਣ 'ਚ ਲੱਗੀਆਂ ਹੋਈਆ ਹਨ। ਇਸੇ ਤਰ੍ਹਾਂ ਨਵੇਂ ਖੇਤੀ ਕਾਨੂੰਨਾਂ ਨਾਲ ਭਾਜਪਾ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਪੂੰਜੀਪਤੀ ਘਰਾਣਿਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ।