ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰੀ ਰਾਜ ਮੰਤਰੀ ਦੇ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਮੰਗਲਵਾਰ ਨੂੰ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰੀ ਰਾਜ ਮੰਤਰੀ ਮੋਸ ਪ੍ਰਕਾਸ਼ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਹੜੇ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਹਨ ਉਸ ਨਾਲ ਦੇਸ਼ ਦੇ ਕਿਸਾਨਾਂ ਵਿੱਚ ਖਲਬਲੀ ਮਚਾ ਗਈ ਹੈ ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲੇ ਉੱਤੇ ਦੁਬਾਰਾ ਗੌਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਾਰੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਸੰਘਰਸ਼ ਕਰਨਗੇ।