ਮਿੱਡ-ਡੇ ਮੀਲ ਵਰਕਰਾਂ ਨੇ ਤਨਖ਼ਾਹਾਂ ਵਿੱਚ ਵਾਧੇ ਦੀ ਕੀਤੀ ਮੰਗ - ropar news
ਰੂਪਨਗਰ: ਮਿੱਡ-ਡੇ ਮੀਲ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਰੋਪੜ ਦੀ ਬਲਾਕ ਪ੍ਰਧਾਨ ਰਮਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਮਿਡ-ਡੇ ਮੀਲ ਕਾਮੇ ਬਹੁਤ ਤੰਗੀ ਵਿੱਚੋਂ ਗੁਜਰ ਰਹੇ ਹਨ। ਉਨ੍ਹਾਂ ਨੂੰ ਪ੍ਰਤੀ ਮਹੀਨਾ ਕੇਵਲ 1700 ਰੁਪਏ ਮਿਲਦੇ ਹਨ, ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਮਿੱਡ-ਡੇ ਮੀਲ ਵਰਕਰਾਂ ਦੀਆਂ ਤਨਖ਼ਾਹਾਂ ਵਧਾ ਦਿੱਤੀਆਂ ਹਨ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਏਦਾਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇੰਨੇ ਘੱਟ ਪੈਸਿਆਂ ਦੇ ਨਾਲ ਮਹਿੰਗਾਈ ਵਿੱਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਇਸ ਸਬੰਧੀ ਉਨ੍ਹਾਂ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਆਪਣਾ ਸ਼ਿਕਾਇਤ ਪੱਤਰ ਵੀ ਦਿੱਤਾ। ਸੂਬਾ ਸਰਕਾਰ ਨੂੰ ਮਿੱਡ-ਡੇ ਮੀਲ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਲੋੜ ਹੈ ਅਤੇ ਇਨ੍ਹਾਂ ਦੀਆਂ ਤਨਖ਼ਾਹਾਂ ਦੇ ਵਿੱਚ ਵਾਧਾ ਕਰਨ ਦੀ ਲੋੜ ਹੈ।