ਮਈ ਮਹੀਨੇ 'ਚ ਕੀਤਾ ਜਾਵੇਗਾ ਸੰਸਦ ਦਾ ਘਿਰਾਓ: ਡਾ.ਦਰਸ਼ਨਪਾਲ
ਬਰਨਾਲਾ: ਖੇਤੀ ਕਾਨੂੰਨਾਂ ਦੇ ਅੰਦੋਲਨ ਨੂੰ ਤੇਜ਼ ਕਰਨ ਸੰਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਡਾ.ਦਰਸ਼ਨਪਾਲ ਅੱਜ ਬਰਨਾਲਾ ਪੁੱਜੇ। ਉਨ੍ਹਾਂ ਵੱਲੋਂ ਜਥੇਬੰਦੀ ਆਗੂਆਂ ਤੇ ਵਰਕਰਾਂ ਨਾਲ ਅਗਲੇ ਸੰਘਰਸ਼ ਨੂੰ ਲੈ ਕੇ ਮੀਟਿੰਗ ਕੀਤੀ ਗਈ। ਜਿਸ ਤਹਿਤ ਐਫਸੀਆਈ ਵੱਲੋਂ ਫਸਲ ਦੀ ਖਰੀਦ ਸਬੰਧੀ ਕਿਸਾਨਾਂ ਤੋਂ ਜ਼ਮੀਨਾਂ ਦੀਆਂ ਫਰਦਾਂ ਮੰਗੇ ਜਾਣ ਦੇ ਵਿਰੋਧ ਵਿੱਚ 5 ਅਪ੍ਰੈਲ ਨੂੰ ਐਫਸੀਆਈ ਦੇ ਦਫਤਰਾਂ ਦਾ ਪੂਰੇ ਦੇਸ਼ ਵਿੱਚ ਘਿਰਾਓ ਕੀਤਾ ਜਾਵੇਗਾ। 10 ਅਪ੍ਰੈਲ ਨੂੰ ਦਿੱਲੀ ਵਿਖੇ ਕੇਐਮਪੀ ਰੋਡ 24 ਘੰਟੇ ਲਈ ਜਾਮ ਕੀਤਾ ਜਾਵੇਗਾ। 13 ਅਪ੍ਰੈਲ ਨੂੰ ਦਿੱਲੀ ਵਿਖੇ ਹਰ ਕਿਸਾਨ ਮੋਰਚੇ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ। 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮਨਾਉਂਦਿਆਂ ਸੰਵਿਧਾਨ ਬਚਾਓ ਦਿਵਸ ਮਨਾਇਆ। 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ। ਮਈ ਮਹੀਨੇ ਦੇ ਪਹਿਲੇ ਹਫ਼ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਪਾਰਲੀਮੈਂਟ ਦਾ ਘਿਰਾਓ ਕੀਤਾ ਜਾਵੇਗਾ।