ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਗਣਤੰਤਰਤਾ ਦਿਵਸ ਮੌਕੇ ਕੈਬਿਨੇਟ ਮੰਤਰੀ ਓਪੀ ਸੋਨੀ ਸੰਗਰੂਰ ਪੁੱਜੇ। ਓਪੀ ਸੋਨੀ ਦੇ ਸੰਗਰੂਰ ਪਹੁੰਚਣ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਜਦੋਂ ਪ੍ਰਦਰਸ਼ਨ ਕਰ ਰਹੇ ਅਧਿਆਪਕ ਓਪੀ ਸੋਨੀ ਦਾ ਘਿਰਾਓ ਕਰਨ ਪੁਜੇ ਤਾਂ ਪੁਲਿਸ ਵੱਲੋਂ ਕੁੱਝ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਮਹਿਲਾ ਅਧਿਆਪਕਾਂ ਨੇ ਹਿੱਸਾ ਲਿਆ। ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਤੇ ਨੌਕਰੀਆਂ ਹਾਸਲ ਕਰਨ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀ ਅਸਾਮੀਆਂ ਨੂੰ ਵਧਾ ਕੇ 27 ਹਜ਼ਾਰ ਕੀਤਾ ਜਾਵੇ। ਅਧਿਆਪਕਾਂ ਵੱਲੋਂ ਇਨਸਾਫ ਨਾ ਮਿਲਣ ਤੱਕ ਸੰਘਰਸ਼ ਜਾਰੀ ਰੱਖੇ ਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 25 ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਜੇ ਤੱਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਪਾਈ ਗਈ ਹੈ। ਉਨ੍ਹਾਂ ਵੱਲੋਂ ਕੁੱਝ ਅਧਿਆਪਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ।