ਸ਼ਿਵ ਸੈਨਾ ਆਗੂ 'ਤੇ ਹੋਏ ਹਮਲੇ ਦੇ ਰੋਸ ਵਜੋਂ ਕਸਬਾ ਧਾਰੀਵਾਲ ਬੰਦ - gurdaspur news
ਬਟਾਲਾ ਦੇ ਕਸਬਾ ਧਾਰੀਵਾਲ ਵਿਖੇ ਬੀਤੇ ਦਿਨੀਂ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ ਉੱਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇ-ਵਾਹ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਸੀ। ਇਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨੂੰ ਤਿੰਨ ਗੋਲੀਆਂ ਲੱਗੀਆਂ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਵਿੱਚ ਇੱਕ ਦੁਕਾਨਦਾਰ ਅਸ਼ੋਕ ਕੁਮਾਰ ਦੇ ਸਿਰ 'ਤੇ ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਲੋਕਾਂ ਨੇ ਪੂਰਾ ਸ਼ਹਿਰ ਬੰਦ ਰੱਖਿਆ ਤੇ ਧਾਰੀਵਾਲ ਪਹੁੰਚੇ ਵੱਖ-ਵੱਖ ਸ਼ਿਵਸੇਨਾਵਾਂ ਦੇ ਆਗੂਆਂ ਵੱਲੋਂ ਰੋਡ ਜਾਮ ਕਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਤੇ 20 ਲੱਖ ਰੁਪਏ ਦਾ ਮੁਆਵਜ਼ਾ ਦਿਤਾ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਸ਼ਿਵ ਸੈਨਾ ਆਗੂ ਦਾ ਇਲਾਜ ਪੰਜਾਬ ਸਰਕਾਰ ਆਪਣੇ ਖਰਚੇ 'ਤੇ ਕਰਵਾਏ। ਮੌਕੇ 'ਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤਜਿੰਦਰਪਾਲ ਸਿੰਘ ਸੰਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆਂ ਜਾਣਗੀਆਂ ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਪ੍ਰਦਰਸ਼ਨ ਖ਼ਤਮ ਕੀਤਾ। ਉੱਥੇ ਹੀ ਐਸਐਸਪੀ ਸਵਰਨਦੀਪ ਸਿੰਘ ਨੇ ਕਿਹਾ ਕਿ ਸ਼ਿਵ ਸੈਨਾ ਆਗੂਆਂ ਨੇ ਜੋ ਵੀ ਮੰਗਾਂ ਸਰਕਾਰ ਅੱਗੇ ਰੱਖੀਆਂ ਹਨ, ਉਹ ਮੰਗਾਂ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤੀਆਂ ਜਾਣਗੀਆਂ। ਐਸਐਸਪੀ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਤੇ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।