ਬੱਚਿਆਂ ਤੋਂ ਸੀਏਏ ਦੇ ਹੱਕ 'ਚ ਦਖ਼ਸਤ ਕਰਵਾਉਣ ਵਾਲੇ ਨਿੱਜੀ ਸਕੂਲ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ - ਕਸਬਾ ਧਨੌਲਾ ਬਰਨਾਲਾ
ਬਰਨਾਲਾ ਜ਼ਿਲ੍ਹਾ ਦੇ ਕਸਬਾ ਧਨੌਲਾ ਵਿੱਚ ਇੱਕ ਨਿੱਜੀ ਸਕੂਲ ਵਿੱਚ ਨਾਬਾਲਗ਼ ਬੱਚਿਆਂ ਤੋਂ ਸੀਏਏ ਦੇ ਹੱਕ ਵਿੱਚ ਦਸਤਖ਼ਤ ਕਰਵਾਏ ਗਏ ਸਨ। ਇਸ ਦਾ ਬੱਚਿਆਂ ਦੇ ਮਾਪਿਆਂ ਤੇ ਵੱਖ-ਵੱਖ ਜਥੇਬੰਦੀਆਂ ਨੇ ਵਿਰੋਧ ਜਤਾਇਆ ਸੀ, ਤੇ ਸਕੂਲ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ। ਕਈ ਦਿਨ ਬੀਤ ਜਾਣ ਦੇ ਬਾਵਜੂਦ ਸਕੂਲ ਪ੍ਰਬੰਧਕਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਮਾਪਿਆਂ ਤੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਕੂਲ ਪ੍ਰਬੰਧਕਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਆਰਐਸਐਸ ਦੀ ਆੜ ਹੇਠ ਸਕੂਲ ਪ੍ਰਬੰਧਕ ਕੰਮ ਕਰ ਰਹੇ ਹਨ ਅਤੇ ਨਾਬਾਲਗ਼ ਬੱਚਿਆਂ ਨੂੰ ਰਾਜਨੀਤੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਇਕ ਪਾਸੇ ਜਿੱਥੇ ਇਸ ਬਿੱਲ ਦਾ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਸਰਕਾਰ ਖ਼ੁਦ ਇਸ ਬਿੱਲ ਵਿਰੁੱਧ ਆਵਾਜ਼ ਬੁਲੰਦ ਕਰ ਰਹੀ ਹੈ, ਪ੍ਰੰਤੂ ਇਸ ਬਿੱਲ ਦੇ ਹੱਕ 'ਚ ਦਸਤਖ਼ਤ ਕਰਵਾਉਣ ਵਾਲੇ ਪ੍ਰਾਈਵੇਟ ਸਕੂਲ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਚੱਲ ਰਹੇ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਣ ਬਰਨਾਲਾ ਦੇ ਤਸੀਲਦਾਰ ਹਰਬੰਸ ਸਿੰਘ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਪੜਤਾਲ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।