ਮ੍ਰਿਤਕਾਂ ਦੇ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸੜਕ 'ਤੇ ਦਿੱਤਾ ਧਰਨਾ
ਬਠਿੰਡਾ 'ਚ ਬੀਤੀ ਕੱਲ ਇੱਕ ਟਰੱਕ ਤੇ ਆਲਟੋ ਕਾਰ ਦੀ ਟੱਕਰ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਸੀ ਤੇ ਇੱਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਟਰੱਕ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਰਿਹਾ ਸੀ, ਪਰ ਅਚਾਨਕ ਹੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਸੜਕ ਜਾਮ ਕਰਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਉਤੇ ਦੋਸ਼ ਲਗਾਇਆ ਕਿ ਪੁਲਿਸ ਇਸ ਮਾਮਲੇ ਵਿੱਚ ਅਸਲ ਮੁਲਜ਼ਮਾਂ ਨੂੰ ਬਚਾ ਰਹੀ ਹੈ। ਮ੍ਰਿਤਕ ਦੇ ਤਾਏ ਦੇ ਲੜਕੇ ਨੇ ਕੁਲਦੀਪ ਨੂੰ ਦੱਸਿਆ ਕਿ ਉਸ ਦੀ ਭੈਣ ਇੱਥੇ ਵਿਆਹੀ ਹੋਈ ਸੀ, ਪਰ ਉਸ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਜਾਂਦਾ ਸੀ। ਇਸ ਨੂੰ ਲੈ ਕੇ ਉਸ ਦੀ ਚਾਚੀ ਤੇ ਚਾਚੇ ਦਾ ਲੜਕਾ ਇਸ ਮਸਲੇ ਨੂੰ ਸੁਲਝਾਉਣ ਲਈ ਆਏ ਸਨ। ਇਸ ਦੌਰਾਨ ਉਹ ਦੋਵੇਂ ਉਸ ਦੀ ਭੈਣ ਨੂੰ ਨਾਲ ਲੈ ਕੇ ਡੱਬਵਾਲੀ ਨੂੰ ਚੱਲ ਪਏ। ਇਸ ਤੋਂ ਬਾਅਦ ਲੜਕੀ ਦੇ ਸੁਹਰੇ ਪਰਿਵਾਰ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਚਲਦਿਆਂ ਉਨ੍ਹਾਂ ਨੇ ਗੱਡੀ ਤੇਜ਼ ਕਰ ਲਈ ਤੇ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਅਸਲ ਦੋਸ਼ੀਆਂ ਉੱਤੇ ਕਾਰਵਾਈ ਨਹੀਂ ਕਰਨ ਰਹੀ। ਜੇਕਰ ਪੁਲਿਸ ਨੇ ਸਹੀ ਤਰੀਕੇ ਨਾਲ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਹੀ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਡੀ.ਐੱਸ.ਪੀ. ਦਵਿੰਦਰ ਸਿੰਘ ਨੇ ਕਿਹਾ ਪੁਲਿਸ ਜਾਂਚ ਕਰ ਰਹੀ ਹੈ, ਜੋ ਵੀ ਦੋਸ਼ੀ ਹੋਇਆ ਉਸ ਵਿਰੁਧ ਕਾਰਵਾਈ ਕੀਤੀ ਜਾਵੇਗੀ।