ਪੰਜਾਬ ਦਾ ਚੋਣ ਕਮਿਸ਼ਨ ਪੂਰੀ ਤਰ੍ਹਾਂ ਹੋਇਆ ਫੇਲ: ਚੰਦੂਮਾਜਰਾ - ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕੌਂਸਲ ਚੋਣਾਂ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਜਿਥੇ ਉਨ੍ਹਾਂ ਨੇ ਸੂਬਾ ਚੋਣ ਕਮਿਸ਼ਨ ’ਤੇ ਵੱਡੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਚੋਣ ਕਮਿਸ਼ਨ ਬਿਲਕੁੱਲ ਹੀ ਫੇਲ੍ਹ ਹੋ ਚੁੱਕਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਉਹ ਰਾਜਪਾਲ ਨੂੰ ਮਿਲ ਕੇ ਚੋਣਾਂ ’ਚ ਪੈਰਾ ਮਿਲਟਰੀ ਫੋਰਸ ਲਗਾਉਣ ਦੀ ਮੰਗ ਕਰਨਗੇ ਤਾਂ ਜੋ ਨਿਰਪੱਖ ਢੰਗ ਨਾਲ ਚੋਣਾਂ ਕਰਵਾਈਆ ਜਾ ਸਕਣ। ਇਸ ਦੇ ਨਾਲ ਉਹਨਾਂ ਨੇ ਦੋ ਦਿਨ ਬਾਅਦ ਵੋਟਾਂ ਦੀ ਗਿਣਤੀ ਦਾ ਖਦਸ਼ਾ ਜ਼ਾਹਿਰ ਕੀਤਾ ਤੇ ਕਿਹਾ ਕਿ ਪੋਲਿੰਗ ਸਟੇਸ਼ਨ ਤੇ ਵੀਡੀਓਗ੍ਰਾਫੀ ਕੀਤੀ ਜਾਵੇ, ਕਿਉਕਿ ਉਹਨਾਂ ਨੂੰ ਧਾਂਦਲੀ ਹੋਣ ਦਾ ਖ਼ਦਸਾ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਖ਼ਿਲਾਫ਼ ਲੋਕਾਂ ’ਚ ਭਾਰੀ ਰੋਸ ਹੈ ਤੇ ਉਹਨਾਂ ਦਾ ਹਰ ਥਾਂ ਵਿਰੋਧ ਹੋ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਲੀਡਰਸ਼ਿਪ ਨੂੰ ਕੇਂਦਰ ਅੱਗੇ ਲੋਕਾਂ ਦਾ ਸਹੀ ਪੱਖ ਰੱਖਣਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਜਿੱਤਿਆ ਜਾ ਸਕੇ।