ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਬਠਿੰਡਾ: ਸਿੱਖ ਕੌਮ ਦੇ ਚੌਥੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦੀ ਸਮਾਪਤੀ 'ਤੇ ਅੱਜ ਤਖ਼ਤ ਸਾਹਿਬ ਪ੍ਰਬੰਧਕਾਂ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਕਈ ਹੋਰ ਧਾਰਮਿਕ ਹਸਤੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਭਾਈ ਲੌਂਗੋਵਾਲ ਨੇ ਜਿੱਥੇ ਆਈ ਸੰਗਤ ਦਾ ਧੰਨਵਾਦ ਕੀਤਾ ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਨਾਲ ਰੂ-ਬਰੂ ਹੋਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਲੋਕ ਵਧੇਰੇ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਕਿਸੇ ਤੋਂ ਆਸ ਰੱਖਣ ਦੀ ਥਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਸਭ ਕੁੱਝ ਮੰਨਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀਆਂ ਸਮੂਹ ਸਿੱਖ ਜੱਥੇਬੰਦੀਆਂ ਨੂੰ ਸੱਦਾ ਦਿੱਤਾ ਤਾਂ ਜੋ ਪੰਜਾਬ ਨੌਜਵਾਨਾਂ ਲਈ ਸੂਬੇ ਅਤੇ ਆਪਣੇ ਦੇਸ਼ 'ਚ ਹੀ ਰੁਜ਼ਗਾਰ ਪੈਦਾ ਕੀਤੇ ਜਾ ਸਕਣ ਅਤੇ ਨੌਜਵਾਨ ਵਰਗ ਵਿਦੇਸ਼ ਜਾਣ ਨੂੰ ਮਜਬੂਰ ਨਾ ਹੋਵੇ।