ਦਿਹਾਤੀ ਮਜ਼ਦੂਰ ਸਭਾ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਜ਼ਿਲ੍ਹੇ ਦੇ ਡੀਸੀ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਮਜ਼ਦੂਰਾਂ ਦੀ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਲੌਕਡਾਊਨ ਦੇ ਚਲਦੇ ਕਈ ਮਜ਼ਦੂਰ ਬੇਰੁਜ਼ਗਾਰ ਹੋ ਗਏ ਸਨ। ਇਸ ਦੌਰਾਨ ਮਜ਼ਦੂਰਾਂ ਨੂੰ ਸਰਕਾਰ ਵੱਲੋਂ ਮਿਲਣ ਵਾਲਾ ਰਾਸ਼ਨ ਬੇਹਦ ਘੱਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਈ ਲੋੜਵੰਦ ਮਜ਼ਦੂਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਤੇ ਮਜ਼ਦੂਰਾਂ ਦਾ ਪਿੰਡ ਦੀਆਂ ਪੰਚਾਇਤਾਂ ਵੱਲੋਂ ਬਾਈਕਾਟ ਕਰ ਦਿੱਤਾ ਗਿਆ ਜਿਸ ਕਾਰਨ ਉਹ ਸਰਕਾਰੀ ਰਾਸ਼ਨ ਨਹੀਂ ਲੈ ਸਕੇ। ਉਨ੍ਹਾਂ ਦੱਸਿਆ ਕਿ ਹੁਣ ਲੌਕਡਾਊਨ ਤੋਂ ਬਾਅਦ ਖੇਤਾਂ 'ਚ ਝੋਨੇ ਦੀ ਬਿਜਾਈ ਕਰਨ ਵਾਲੇ ਮਜ਼ਦੂਰਾਂ ਨੂੰ ਘੱਟ ਮਜ਼ਦੂਰੀ ਦਿੱਤੀ ਜਾ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਅਜੇ ਵੀ ਆਰਥਿਕ ਮੰਦੀ ਤੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਮਜ਼ਦੂਰਾਂ ਦੀ ਮੰਗਾਂ ਮੰਨੇ ਜਾਣ ਦੀ ਅਪੀਲ ਕੀਤੀ ਹੈ।