ਰੂਰਲ ਫਾਰਮੇਸੀ ਮੁੁਲਾਜ਼ਮਾਂ ਨੇ ਸੂਬਾ ਸਰਕਾਰ ਦਾ ਸਾੜਿਆ ਪੁਤਲਾ
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਵਿੱਚ ਰੂਰਲ ਫਾਰਮੇਸੀ ਅਫ਼ਸਰਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਚਾਇਤ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਹੈ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਾਲ 2006 ਵਿੱਚ ਪੇਂਡੂ ਸਿਹਤ ਡਿਸਪੈਂਸਰੀਆਂ 'ਚ ਸਰਕਾਰ ਨੇ ਤਕਰੀਬਨ 1186 ਪੇਂਡੂ ਸਿਹਤ ਫਾਰਮਾਸਿਸਟ ਤਾਇਨਾਤ ਕੀਤੇ ਸਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸਾਰੇ ਫਾਰਮਾਸਿਸਟ ਬਹੁਤ ਹੀ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਵੱਲੋਂ ਲਗਾਤਾਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਤਨਖ਼ਾਹ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਕਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਉਹ 25 ਤਰੀਕ ਨੂੰ ਪੰਚਾਇਤ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ ਤੇ ਇਸ ਸੰਘਰਸ਼ ਨੂੰ ਅੱਗੇ ਲੈ ਕੇ ਜਾਣਗੇ।