ਡਿਊਟੀ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਫੌਜੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਨੇ ਮੁਕੰਮਲ ਜਾਂਚ ਦੀ ਕੀਤੀ ਮੰਗ - ਸੂਰਤਗੜ੍ਹ
ਬਰਨਾਲਾ:ਬੀਤੇ ਦਿਨੀਂ ਰਾਜਸਥਾਨ ਦੇ ਸੂਰਤਗੜ੍ਹ ਆਰਮੀ ਯੂਨਿਟ ਵਿੱਚ ਸੀਨੀਅਰ ਅਧਿਕਾਰੀਆਂ ਤੋਂ ਦੁਖੀ ਹੋ ਕੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪ੍ਰਭਦਿਆਲ ਸਿੰਘ ਫ਼ੌਜੀ ਜਵਾਨ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਵੱਲੋਂ ਭਾਰਤ ਸਰਕਾਰ ਅਤੇ ਭਾਰਤੀ ਫ਼ੌਜ ਤੋਂ ਮੁਕੰਮਲ ਜਾਂਚ ਦੀ ਮੰਗ ਕਰਦੇ ਹੋਏ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਫ਼ੌਜੀ ਜਵਾਨ ਪ੍ਰਭ ਦਿਆਲ ਸਿੰਘ ਦੀ ਆਤਮ ਹੱਤਿਆ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਸੰਬੰਧੀ ਉਹ ਦੇਸ਼ ਦੇ ਪ੍ਰਧਾਨਮੰਤਰੀ, ਰੱਖਿਆ ਮੰਤਰੀ ਅਤੇ ਭਾਰਤੀ ਫੌਜ ਦੇ ਚੀਫ ਤੋਂ ਪੁਰਜ਼ੋਰ ਮੰਗ ਕਰਦੇ ਹਨ ਕਿ ਇਸ ਮਾਮਲੇ ਦੀ ਸਹੀ ਜਾਂਚ ਕਰਦੇ ਹੋਏ ਦੋਸ਼ੀ ਅਧਿਕਾਰੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਉਹ ਖ਼ੁਦ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇਸ ਮਾਮਲੇ ਵਿੱਚ ਮਿਲਣਗੇ ਅਤੇ ਪ੍ਰਭ ਦਿਆਲ ਸਿੰਘ ਫੌਜੀ ਜਵਾਨ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਨ ਤੋਂ ਇਲਾਵਾ ਉਸ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰਨਗੇ।