ਕੇਂਦਰ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੌਮੀ ਛੁੱਟੀ ਐਲਾਨਣ ਦੀ ਮੰਗ - SGPC demands PM Modi to declare national holiday
ਸ੍ਰੀ ਫਤਿਹਗੜ੍ਹ ਸਾਹਿਬ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਸਮੁੱਚੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 27 ਦਸੰਬਰ (13 ਪੋਹ) ਨੂੰ ਕੌਮੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ 27 ਦਸੰਬਰ ਨੂੰ ਪੂਰੇ ਪੰਜਾਬ ਭਰ ’ਚ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿੱਦਿਅਕ ਅਦਾਰਿਆਂ ਵਿਚ ਪ੍ਰਾਰਥਨਾ ਸਮੇਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕਰਕੇ ਨਗਰ ਕੀਰਤਨ ਕੱਢੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਆਉਣ ਵਾਲੀ ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪ੍ਰੇਸ਼ਾਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।