ਸ਼੍ਰੋਮਣੀ ਕਮੇਟੀ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈਕੇ ਕੇਜਰੀਵਾਲ ਸਰਕਾਰ ਦੀ ਕੀਤੀ ਆਲੋਚਨਾ - Shiromani Committee demand for release of Davinderpal Bhullar
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪਾ ਰਹੀ।