ਡੀਜੀਪੀ ਗੁਪਤਾ ਅਰੂਸਾ ਆਲਮ ਦਾ ਦਿੱਤਾ ਹੋਇਆ ਗਿਫ਼ਟ : ਸਿਮਰਜੀਤ ਸਿੰਘ ਬੈਂਸ
ਵਿਧਾਨ ਸਭਾ ਇਜਲਾਸ ਦੇ ਤੀਜੇ ਦਿਨ ਵੀ ਡੀਜੀਪੀ ਦਿਨਕਰ ਗੁਪਤਾ ਨੂੰ ਲੈ ਕੇ ਭੱਖਦੇ ਵਿਵਾਦ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦੀ ਟੀਮ ਨੇ ਆਈਐਸਆਈ ਵੱਲੋਂ ਭੇਜੀਆਂ ਰਾਈਫ਼ਲਾਂ ਸਣੇ ਕਈ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਜਵਾਬ ਵਿੱਚ ਬੈਂਸ ਭਰਾਵਾਂ ਵੱਲੋਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਗਿਆ ਕਿ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਦੇ ਵੇਰਵੇ ਨਾਲ ਕਰਤਾਰਪੁਰ ਸਾਹਿਬ ਗਏ ਸ਼ਰਧਾਲੂਆਂ ਦਾ ਕੀ ਸਬੰਧ ਹੈ। ਉਨ੍ਹਾਂ ਪੁੱਛਿਆ, ਕੀ ਇਹ ਹਥਿਆਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਕੋਲੋਂ ਬਰਾਮਦ ਕੀਤੇ ਗਏ ਹਨ? ਇਸ ਮੁੱਦੇ 'ਤੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਨੂੰ ਬਚਾਉਣ ਲਈ ਸਦਨ ਵਿੱਚ ਬੇਤੁਕੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਡੀਜੀਪੀ ਦਿਨਕਰ ਗੁਪਤਾ ਅਰੂਸਾ ਆਲਮ ਦਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਦਿਨਕਰ ਗੁਪਤਾ ਨੂੰ ਪੰਜਾਬ ਵਿੱਚ ਡੀਜੀਪੀ ਲਾ ਕੇ ਅਰੂਸਾ ਆਲਮ ਵੱਲੋਂ ਕੈਪਟਨ ਨੂੰ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਸਿਮਰਜੀਤ ਬੈਂਸ ਨੇ ਵੀ ਡੀਜੀਪੀ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਡੀਜੀਪੀ ਦੇ ਇਸ ਬਿਆਨ ਨਾਲ ਸਮੁੱਚੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।