ਯੂ.ਕੇ. ’ਚ ਸਿੱਖ ’ਤੇ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿਖੇਧੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਯੂ.ਕੇ. ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਲੀ ਨੇ ਕਿਹਾ ਕਿ ਯੂ.ਕੇ. ਵਿਚ ਸਿੱਖ ਟੈਕਸੀ ਡਰਾਈਵਰ ਨੂੰ ਜਾਣਬੁਝ ਕੇ ਪ੍ਰੇਸ਼ਾਨ ਕਰਨਾ ਅਤੇ ਉਸ ਦੀ ਦਸਤਾਰ ਤੇ ਕੇਸਾਂ ਬਾਰੇ ਅਪਸ਼ਬਦ ਬੋਲਣਾ ਬੇਹੱਦ ਮੰਦਭਾਗਾ ਹੈ। ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ ਕਾਰਵਾਈ ਕਰੇ।