‘ਸੇਵਾਮੁਕਤ ਮੁਲਾਜ਼ਮਾਂ ਦੀ ਥਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤਾ ਜਾਵੇ ਰੁਜ਼ਗਾਰ’ - ਬੇਰੁਜ਼ਗਾਰ ਨੌਜਵਾਨਾਂ
ਬਰਨਾਲਾ: ਪੰਜਾਬ ਸਰਕਾਰ ਵੱਲੋਂ ਪਟਵਾਰੀ ਦੀ ਪੋਸਟ ਲਈ ਕੱਢੀਆਂ ਅਸਾਮੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਮਸਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿਚ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੇਵਾਮੁਕਤ ਅਧਿਕਾਰੀਆਂ ਨੂੰ ਪਟਵਾਰੀਆਂ ਦੀਆਂ ਅਸਾਮੀਆਂ 'ਤੇ ਭਰਤੀ ਕਰ ਰਹੀ ਹੈ। ਜਦਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਬਹੁਤ ਜ਼ਿਆਦਾ ਹੈ। ਬੇਰੁਜ਼ਗਾਰ ਨੌਜਵਾਨ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ 'ਤੇ ਪਹਿਲਾਂ ਤੋਂ ਹੀ ਸਰਕਾਰੀ ਨੌਕਰੀਆਂ ਤੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਨੌਕਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਇਸ ਨੀਤੀ ਨੂੰ ਬਦਲ ਕੇ ਸੇਵਾਮੁਕਤ ਮੁਲਾਜ਼ਮਾਂ ਦੀ ਥਾਂ 'ਤੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਚਾਹੀਦਾ ਹੈ।