ਜਲੰਧਰ : ਕਰਫਿਊ ਦੌਰਾਨ ਨੌਜਵਾਨਾਂ ਨੇ ਲੋੜਵੰਦ ਲੋਕਾਂ ਨੂੰ ਵੰਡਿਆ ਲੰਗਰ - ਕੋਵਿਡ-
ਜਲੰਧਰ : ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਡਰ ਬਣਿਆ ਹੋਇਆ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਫਿਊ ਤੇ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਕੀਤਾ ਹੋਇਆ ਹੈ। ਅਜਿਹੀ ਸਥਿਤੀ 'ਚ ਝੁੱਗੀਆਂ ਝੋਪੜੀਆਂ 'ਚ ਰਹਿਣ ਵਾਲੇ ਲੋਕਾਂ ਲਈ ਆਪਣੇ ਪਰਿਵਾਰ ਲਈ ਖਾਣੇ ਦਾ ਪ੍ਰਬੰਧ ਕਰਨਾ ਔਖਾ ਹੋ ਗਿਆ ਹੈ। ਕਰਫਿਊ ਦੇ ਚਲਦਿਆਂ ਸਾਰੇ ਲੋਕ ਘਰ ਵਿੱਚ ਬੰਦ ਹਨ ਤੇ ਕੋਈ ਕੰਮ ਨਹੀਂ ਕਰ ਸਕ ਰਹੇ। ਇਸ ਦੇ ਚਲਦਿਆਂ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਲੋਕਾਂ ਦੀ ਮਦਦ ਲਈ ਸ਼ਹਿਰ ਦੇ ਕੁੱਝ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਲੰਗਰ ਵੰਡੀਆ ਗਿਆ। ਨੌਜਵਾਨਾਂ ਨੇ ਦੱਸਿਆ ਕਿ ਇਨ੍ਹਾਂ ਮੁਸ਼ਕਲ ਭਰੇ ਹਾਲਾਤਾਂ 'ਚ ਇਹ ਲੋਕ ਮਹਿਜ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਦੇ ਭਰੋਸੇ ਹਨ। ਪ੍ਰਸ਼ਾਸਨ ਨੂੰ ਇਨ੍ਹਾਂ ਲੋੜਵੰਦ ਲੋਕਾਂ ਉੱਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ 200 ਤੋਂ 250 ਗਰੀਬ ਲੋਕਾਂ ਤੱਕ ਲੰਗਰ ਤਿਆਰ ਕਰਕੇ ਪਹੁੰਚਾ ਰਹੇ ਹਨ ਤਾਂ ਜੋ ਇਹ ਲੋਕ ਭੁੱਖੇ ਨਾ ਰਹਿਣ। ਉਨ੍ਹਾਂ ਕਿਹਾ ਉਹ ਪ੍ਰਸ਼ਾਸਨ ਦੇ ਨਾਲ ਮਿਲ ਕੇ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਨ।