ਅੰਮ੍ਰਿਤਸਰ ਦੇ ਭਾਜਪਾ ਨੇਤਾ ਤਰੁਣ ਚੁੱਘ ਨੇ ਘੇਰੀ ਪੰਜਾਬ ਸਰਕਾਰ - ਖੇਤੀਬਾੜੀ ਵਿਭਾਗ
ਅੰਮ੍ਰਿਤਸਰ: ਭਾਜਪਾ ਦੇ ਬੁਲਾਰੇ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਪੰਜਾਬ 'ਚ ਬੀਜ ਘੁਟਾਲਾ ਹੋ ਰਿਹਾ ਹੈ, ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਛੋਟੀਆਂ ਮੱਛੀਆਂ ਫੜਨ ਦੀ ਬਜਾਏ ਵੱਡੇ ਮਗਰਮੱਛਾਂ ਨੂੰ ਫੜਨਾ ਚਾਹੀਦਾ ਹੈ, ਕਿਉਂਕਿ ਇਸ ਮਾਮਲੇ 'ਚ ਪੰਜਾਬ ਸਰਕਾਰ ਦੀ ਮਿਲੀ ਭੁਗਤ ਹੈ। ਪੰਜਾਬ ਸਰਕਾਰ ਦੇ ਮੰਤਰੀ ਵੀ ਇਸ ਬੀਜ ਘੁਟਾਲੇ 'ਚ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਇਸ 'ਤੇ ਪੰਜਾਬ ਸਰਕਾਰ ਨੂੰ ਜਵਾਬ ਦੇਣਾ ਪਏਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਤੇ ਹਰਿਆਣਾ 'ਚ 1000 ਕੁਇੰਟਲ ਤੋਂ ਵੱਧ ਦੇ ਜਾਅਲੀ ਬੀਜ ਕਿਸਾਨ ਖਰੀਦ ਰਹੇ ਹਨ। ਤਰੁਣ ਚੁੱਘ ਨੇ ਕਿਹਾ ਕਿ ਇਹ ਲੋਕ ਕਦੋਂ ਤੱਕ ਫੜੇ ਜਾਣਗੇ ਤੇ ਇਸ 'ਚ ਕਿਹੜੇ ਕਿਹੜੇ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖੀ ਫੜਿਆ ਜਾਣਾ ਚਾਹੀਦਾ ਹੈ ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਭਾਜਪਾ ਇਸ ਖਿਲਾਫ ਅੰਦੋਲਨ ਸ਼ੁਰੂ ਕਰੇਗੀ।