ਸਿੱਧੀ ਅਦਾਇਗੀ ਖਿਲਾਫ਼ ਆੜ੍ਹਤੀਆਂ ਦਾ ਐਲਾਨ, ਨਹੀਂ ਕਰਾਂਗੇ ਕਣਕ ਦੀ ਖ਼ਰੀਦ - ਬਠਿੰਡਾ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ਸਬੰਧੀ ਸੀਸੀਆਈ ਲਿਮਟ ਜਾਰੀ ਕਰਨ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਐਲਾਨ ਕਰ ਦਿੱਤਾ ਹੈ ਕਿ ਜੇਕਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦਾ ਫੈਸਲਾ ਵਾਪਸ ਨਹੀਂ ਲਿਆ ਤਾਂ ਉਹ ਮੰਡੀਆਂ ਵਿੱਚ ਫ਼ਸਲਾਂ ਦੀ ਖ਼ਰੀਦ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਆੜ੍ਹਤੀਆ ਐਸੋਸੀਏਸ਼ਨ ਨਾਲ ਇਸ ਮੁੱਦੇ ਉੱਤੇ ਗੱਲਬਾਤ ਜਾਰੀ ਹੈ ਤੇ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਨੂੰ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰ ਮੰਡੀਆਂ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਸਿੱਧੀ ਅਦਾਇਗੀ ਦੇ ਖਿਲਾਫ ਮੋਰਚਾ ਖੋਲ੍ਹਦਿਆਂ ਫ਼ਸਲਾਂ ਖ਼ਰੀਦਣ ਤੋਂ ਕੋਰੀ ਨਾਂ ਕਰ ਦਿੱਤੀ ਗਈ ਹੈ। ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੇ ਸਮਰਥਨ ਕਰਦੇ ਹਾਂ, ਪਰ ਕੇਂਦਰ ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਦੀ ਭਾਈਚਾਰਕ ਸਾਂਝ ਵਿੱਚ ਤਰੇੜ ਪਾਉਣ ਲਈ ਅਜਿਹੇ ਫ਼ਰਮਾਨ ਜਾਰੀ ਕਰ ਰਹੀ ਹੈ।