ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ - ਸੰਯੁਕਤ ਕਿਸਾਨ ਮੋਰਚੇ
ਬਰਨਾਲਾ: ਭਾਕਿਯੂ (ਏਕਤਾ-ਉਗਰਾਹਾਂ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲ੍ਹਾ ਬਰਨਾਲਾ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਭਾਜਪਾ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ਦੀ ਐਮਐੱਸਪੀ 'ਤੇ ਖਰੀਦ ਦੀ ਕਾਨੂੰਨੀ ਗਾਰੰਟੀ ਕਰਨ ਬਾਰੇ ਕੀਤੇ ਗਏ। ਲਿਖਤੀ ਵਾਅਦੇ ਤੋਂ ਪਿੱਛੇ ਹਟਣ ਦੀ ਜ਼ੋਰਦਾਰ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਨੂੰ ਭੇਜੇ ਗਏ ਮੰਗ ਪੱਤਰਾਂ ਰਾਹੀਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਸਰਕਾਰੀ ਜ਼ਿੰਮੇਵਾਰੀ ਤੈਅ ਕਰਦਾ ਕਾਨੂੰਨ ਬਣਾਵੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਲਿਖਤੀ ਸਮਝੌਤੇ ਤਹਿਤ ਐੱਮਐੱਸਪੀ ਗਾਰੰਟੀ ਕਾਨੂੰਨ ਦਾ ਵਾਅਦਾ ਕੀਤਾ ਸੀ। ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤੇ ਗਏ।