ਮੂਸੇਵਾਲਾ ਦੇ ਕਤਲ ਮਾਮਲੇ ’ਚ ਮੰਤਰੀ ਦਾ ਵੱਡਾ ਬਿਆਨ,ਕਿਹਾ- 'ਪਿਛਲੀਆਂ ਸਰਕਾਰ ਦਾ ਨਤੀਜਾ ਗੈਂਗਵਾਰ'
ਪਠਾਨਕੋਟ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਰ ਰੋਜ਼ ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਉੱਥੇ ਹੀ ਇਸ ਸਬੰਧ ’ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਉਨ੍ਹਾਂ 'ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਗੈਂਗਵਾਰ ਪਿਛਲੀਆਂ ਸਰਕਾਰਾਂ ਦਾ ਨਤੀਜਾ ਹੈ, ਚਾਹੇ ਉਹ ਅਕਾਲੀ ਭਾਜਪਾ ਹੋਵੇ ਜਾਂ ਕਾਂਗਰਸ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸ਼ਹਿ ਹੇਠ ਗੈਂਗਸਟਰ ਅੱਗੇ ਵਧੇ ਹਨ। ਵਿਰੋਧੀ ਪਾਰਟੀਆਂ ਵੱਲੋਂ ਗੈਂਗਸਟਰਾਂ ਦੀਆਂ ਸੇਵਾਵਾਂ ਲਈਆਂ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਜਲਦੀ ਹੀ ਮੂਸੇਵਾਲਾ ਦੇ ਕਾਤਲਾਂ ਨੂੰ ਕਾਬੂ ਕਰ ਲਿਆ ਜਾਵੇਗਾ। ਦੱਸ ਦਈਏ ਕਿ ਕੈਬਨਿਟ ਮੰਤਰੀ ਪਠਾਨਕੋਟ ਦੇ ਇੱਕ ਸਕੂਲ ਚ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ।