ਮਾਨ ਸਰਕਾਰ ਦੇ ਰਾਜ ਵਿੱਚ ਤਨਖਾਹ ਨੂੰ ਤਰਸਦੇ ਕੱਚੇ ਮੁਲਾਜ਼ਮ ਨੇ ਕੀਤੀ ਗੇਟ ਰੈਲੀ, ਦਿੱਤੀ ਚਿਤਾਵਨੀ
ਫਰੀਦਕੋਟ ਵਿੱਚ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਲਗਾਤਾਰ ਆਪਣੀਆਂ ਪਿਛਲੀਆਂ ਸਰਕਾਰਾਂ ਤੋਂ ਲੈ ਕੇ ਹੁਣ ਤੱਕ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਉਨ੍ਹਾਂ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਾਅਦੇ ਕਰਕੇ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਸਮੇਂ ਸਿਰ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ। 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾਂ 27,28,29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ। ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ।