ਐੱਮਐੱਸਪੀ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ
ਮਾਨਸਾ: ਐੱਮਐੱਸਪੀ ਨੂੰ ਯਕੀਨੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਜ਼ਿਲ੍ਹਾ ਕਚਹਿਰੀ 'ਚ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਉਥੇ ਹੀ ਕਿਸਾਨਾਂ ਵੱਲੋਂ ਐੱਸਡੀਐੱਮ ਨੂੰ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਕੀ, ਮੂੰਗੀ 'ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਮੂੰਗੀ ਦੀ ਫ਼ਸਲ ਕਈ ਮੰਡੀਆਂ ਵਿੱਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਯਕੀਨੀ ਬਣਾਵੇ ਕਿ ਕਿਸਾਨਾਂ ਦੀ ਮੂੰਗੀ, ਮੱਕੀ ਦੀ ਫਸਲ ਮੰਡੀਆਂ ਦੇ ਵਿੱਚ ਨਹੀਂ ਰੁਲੇਗੀ। ਉੱਥੇ ਹੀ ਕਿਸਾਨਾਂ ਵੱਲੋਂ ਇਨ੍ਹੀਂ ਦਿਨੀਂ ਝੋਨੇ ਦੀ ਕੀਤੀ ਜਾ ਰਹੀ ਬਿਜਾਈ ਦੇ ਲਈ ਬਿਜਲੀ ਦੀ ਮੰਗ ਕੀਤੀ ਗਈ ਹੈ ਅਤੇ ਨਹਿਰਾਂ 'ਚ ਨਹਿਰੀ ਪਾਣੀ ਛੱਡਣ ਦੀ ਵੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀਆਂ ਮੰਗਾਂ 'ਤੇ ਗੌਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।