ਵਾਤਾਵਰਣ ਤੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੇ ਮਾਰਿਆ ਹੰਭਲਾ, ਕੀਤਾ ਇਹ ਐਲਾਨ
ਬਠਿੰਡਾ: ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਡਿੱਗਣ ਕਾਰਨ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਕਿਰਤੀ ਕਿਸਾਨ ਯੂਨੀਅਨ ਵੱਲੋਂ ਹੁਣ ਖੇਤੀ ਦਾ ਨਵਾਂ ਮਾਡਲ ਲਾਗੂ ਕਰਾਉਣ ਲਈ ਭੁੱਚੋ ਖੁਰਦ ਦੇ ਗੁਰਦੁਆਰਾ ਪਿੱਪਲ ਸਰ ਸਾਹਿਬ ਵਿਖੇ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਕੁਦਰਤੀ ਵਾਤਾਵਰਣ ਬਚਾਉਣ ਦੇ ਨਾਲ-ਨਾਲ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਨਵਾਂ ਖੇਤੀ ਮਾਡਲ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਤਜਰਬਾ ਰੱਖਣ ਵਾਲੇ ਕਿਸਾਨਾਂ ਤੋਂ ਇਸ ਸਮੇਂ ਉਨ੍ਹਾਂ ਦੇ ਸੁਝਾਅ ਲਏ ਗਏ ਹਨ ਕਿ ਕਿਸ ਤਰ੍ਹਾਂ ਕੁਦਰਤੀ ਵਾਤਾਵਰਨ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜਨਮ ਦਿਹਾੜੇ ’ਤੇ ਇਹ ਖੇਤੀ ਮਾਡਲ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਵਿਚਲੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਸੁਚੇਤ ਕੀਤਾ ਜਾ ਸਕੇ।