ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਮਜ਼ਦੂਰਾਂ ਨੇ ਕੀਤੀ ਸੜਕ ਜਾਮ - ਕਣਕ ਦੀ ਲਿਫਟਿੰਗ
ਮਾਨਸਾ: ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ-ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਪਰ ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਸਰਕਾਰ ਦੇ ਦਾਅਵੇ ਠੁੱਸ ਹੋ ਰਹੇ ਹਨ। ਅੱਜ ਮਾਨਸਾ ਸਿਰਸਾ ਰੋਡ 'ਤੇ ਕਿਸਾਨਾਂ-ਮਜ਼ਦੂਰਾਂ ਨੇ ਸੜਕ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਕਣਕ ਦੀ ਲਿਫਟਿੰਗ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਦਾਅਵੇ ਕਰ ਰਹੀ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਢੋਆ-ਢੁਆਈ ਲਈ ਥਾਂ ਨਹੀਂ ਮਿਲ ਰਹੀ ਅਤੇ ਮਜ਼ਦੂਰ ਆਪਣੀਆਂ ਜੇਬਾਂ ਵਿੱਚੋਂ ਖਰਚ ਕਰਨ ਲਈ ਮਜਬੂਰ ਹੋ ਰਹੇ ਹਨ।