ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂ ਰੇਣੂਕਾ ਚੌਧਰੀ ਨੇ ਪੁਲਿਸ ਮੁਲਾਜ਼ਮ ਦਾ ਫੜਿਆ ਕਾਲਰ
ਹੈਦਰਾਬਾਦ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਸੰਮਨ ਜਾਰੀ ਕੀਤੇ ਜਾਣ ਦੇ ਵਿਰੋਧ ਵਿੱਚ ਪਾਰਟੀ ਵਰਕਰਾਂ ਨੇ ਵੀਰਵਾਰ ਨੂੰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰੇਣੂਕਾ ਚੌਧਰੀ ਨੇ ਇੱਕ ਪੁਲਿਸ ਮੁਲਾਜ਼ਮ ਦਾ ਕਾਲਰ ਫੜ ਲਿਆ। ਜਾਣਕਾਰੀ ਮੁਤਾਬਕ ਤੇਲੰਗਾਨਾ ਕਾਂਗਰਸ ਦੇ ਪ੍ਰਦਰਸ਼ਨ 'ਚ ਸ਼ਾਮਲ ਰੇਣੂਕਾ ਚੌਧਰੀ ਨੂੰ ਪੁਲਿਸ ਹਿਰਾਸਤ 'ਚ ਲੈਣ ਦੀ ਕੋਸ਼ਿਸ਼ ਕਰ ਰਹੀ ਸੀ। ਜਿਸ ਕਾਰਨ ਕਾਂਗਰਸੀ ਆਗੂ ਦੀ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋ ਗਈ। ਇਸ ਦੇ ਨਾਲ ਹੀ ਹੈਦਰਾਬਾਦ ਵਿੱਚ ਕਾਂਗਰਸ ਪਾਰਟੀ ਵੱਲੋਂ ਕੱਢਿਆ ਗਿਆ ‘ਚਲੋ ਰਾਜ ਭਵਨ’ ਮਾਰਚ ਹਿੰਸਕ ਹੋ ਗਿਆ। ਪਾਰਟੀ ਵਰਕਰਾਂ ਨੇ ਸਿਟੀ ਸੈਂਟਰ ਵਿੱਚ ਇੱਕ ਸਕੂਟਰ ਨੂੰ ਅੱਗ ਲਗਾ ਦਿੱਤੀ ਅਤੇ ਟੀਐਸਆਰਟੀਸੀ ਦੀ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਪੁਲਿਸ ਨੇ ਸੂਬਾ ਕਾਂਗਰਸ ਪ੍ਰਧਾਨ ਰੇਵੰਤ ਰੈਡੀ, ਵਿਰੋਧੀ ਧਿਰ ਦੇ ਨੇਤਾ ਮੱਲੂ ਭੱਟੀ ਵਿਕਰਮਰਕਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।