ਕਿਸਾਨ ਆਗੂਆਂ ਨੇ ਟੋਲ ਪਲਾਜ਼ਾ ‘ਤੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ - ਕੇਂਦਰ ਸਰਕਾਰ
ਜਲੰਧਰ: ਅੱਜ ਵੱਖ-ਵੱਖ ਥਾਵਾਂ ‘ਤੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ। ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਬਿਆਸ ਦਰਿਆ ਨੇੜੇ ਸਥਿਤ ਟੋਲ ਪਲਾਜ਼ਾ ਢਿੱਲਵਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਿਸਾਨ ਆਗੂਆਂ ਵੱਲੋਂ ਮੀਟਿੰਗ ਕਰਨ ਤੋਂ ਬਾਅਦ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸੰਯੁਕਤ ਕਿਸਾਨ ਮੋਰਚੇ ਅਤੇ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਹੁਕਮ ਕੀਤਾ ਸੀ, ਕਿ ਸਾਰੇ ਕਿਸਾਨਾਂ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।