ਭਾਰਤਮਾਲਾ ਪ੍ਰੋਜੈਕਟ ਦੇ ਵਿਰੋਧ ’ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, ਦਿੱਤੀ ਇਹ ਵੱਡੀ ਚਿਤਾਵਨੀ
ਬਠਿੰਡਾ: ਭਾਰਤਮਾਲਾ ਪ੍ਰੋਜੈਕਟ ਅਧੀਨ ਸਰਕਾਰ ਵੱਲੋਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਸਹੀ ਮੁਆਵਜ਼ਾ ਨਾ ਦੇਣ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ਉੱਪਰ ਵੀ ਜਦੋਂ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕੰਮ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਇੱਕ ਕਿਸਾਨ ਦਾ ਚੂਲਾ ਟੁੱਟ ਗਿਆ ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿੰਨ ਜ਼ਿਲ੍ਹਿਆਂ ਦਾ ਇਕੱਠ ਕਰਕੇ ਬਠਿੰਡਾ ਡੱਬਵਾਲੀ ਹਾਈਵੇ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ’ਤੇ ਤਸ਼ੱਦਦ ਕਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਇਹ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਇਹ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ।