ਖੇਤੀ ਲਈ ਪੂਰੀ ਬਿਜਲੀ ਨਾ ਮਿਲਣ ’ਤੇ ਭੜਕੇ ਕਿਸਾਨਾਂ ਨੇ ਕੀਤਾ ਦਿੱਲੀ ਨੈਸ਼ਨਲ ਹਾਈਵੇਅ ਜਾਮ - ਖੇਤੀ ਲਈ ਪੂਰੀ ਬਿਜਲੀ ਨਾ ਮਿਲਣ ’ਤੇ ਭੜਕੇ ਕਿਸਾਨਾਂ
ਸ੍ਰੀ ਫਤਿਹਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਦਿੱਤੇ ਗਏ ਸੱਦੇ ਨੂੰ ਲੈ ਕੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਸਿੱਧੂਪੁਰ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਖੇਤੀ ਲਈ ਪੂਰੀ ਬਿਜਲੀ ਨਾ ਮਿਲਣ ਤੇ ਦਿੱਲੀ- ਅੰਮ੍ਰਿਤਸਰ ਨੈਸ਼ਨਲ ਹਾਈਵੇ ਸਰਹਿੰਦ ਜਾਮ ਕਰਕੇ ਧਰਨਾ ਦਿੱਤਾ ਗਿਆ। ਕਿਸਾਨਾਂ ਵੱਲੋਂ ਦਿੱਤੇ ਗਏ ਇਸ ਧਰਨੇ ਵਿਚ ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਹਾਈਵੇ ਤੋਂ ਨਹੀਂ ਉੱਠੇ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਿਸਾਨਾਂ ਨੂੰ ਬਦਲਵੀਂ ਖੇਤੀ ਕਰਨ ਦੀ ਗੱਲ ਕਹਿ ਰਹੀ ਹੈ ਪਰ ਜਦੋਂ ਉਹ ਕਰਦੇ ਹਨ ਤਾਂ ਉਹਨਾਂ ਨੂੰ ਫਸਲ ਦੇ ਅਨੁਸਾਰ ਬਿਜਲੀ ਨਹੀਂ ਦਿੱਤੀ ਜਾ ਰਹੀ ਹੈ। ਜਿਸ ਕਾਰਨ ਉਹਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੇ ਵੱਡੇ-ਵੱਡੇ ਕੱਟ ਲਗਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਹਾ ਕਿ ਜਦੋਂ ਬਿਜਲੀ ਦੀ ਸਮੱਸਿਆ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਕਿਸਾਨ ਇਸੇ ਤਰ੍ਹਾਂ ਧਰਨਿਆਂ ਤੇ ਬੈਠੇ ਰਹਿਣਗੇ।