ਸਾਬਕਾ ਮੰਤਰੀ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੋਗਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰ ਤੋਤਾ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਉਹਨਾਂ ਦੇ ਮੋਗਾ ਸਥਿਤ ਗ੍ਰਹਿ ਵਿਖੇ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਮ੍ਰਿਤਕ ਦੇਹ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਰੀਥ ਚੜ੍ਹਾਈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ ਅਤੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਸਵਰਗੀ ਤੋਤਾ ਸਿੰਘ ਦੇ ਪਿੱਛੇ ਰਹਿੰਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਜ਼ਿਲ੍ਹਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ।