550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹਿੰਦ ਵਿੱਚ ਕਰਵਾਇਆ ਗਿਆ ਵਿਸ਼ਾਲ ਕੀਰਤਨ ਸਮਾਗਮ - ਗੁਰਮਤਿ ਸਮਾਗਮ ਸ੍ਰੀ ਫਤਿਹਗੜ੍ਹ ਸਾਹਿਬ
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹੰਦ ਮੰਡੀ ਵਿਖੇ ਵਿਸ਼ਾਲ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਸਮੂਹ ਸੇਵਾ ਸੁਸਾਇਟੀਆਂ ਸੰਤ ਸੰਪਰਦਾਵਾਂ ਧਾਰਮਿਕ ਸਮਾਜਿਕ ਰਾਜਨੀਤਕ ਜਥੇਬੰਦੀਆਂ ਸਮੇਤ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਗੁਰਮਤਿ ਸਮਾਗਮ ਵਿੱਚ ਭਾਈ ਮਾਨ ਸਿੰਘ ਜੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਭਾਈ ਗੁਰਕੀਰਤ ਸਿੰਘ ਜੀ ਅਤੇ ਭਾਈ ਅਮਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵੱਲੋਂ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਮਤਿ ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਆਈਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ।