ਜੇਲ੍ਹ ਵਿੱਚ ਤੈਨਾਤ ਹੋਮ ਗਾਰਡ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਸਕਿਉਰਟੀ ਟਾਵਰ ਉੱਤੇ ਡਿਊਟੀ ਦੇ ਰਹੇ ਪੰਜਾਬ ਹੋਮ ਗਾਰਡ ਦੇ ਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਗੋਲੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸਾਥੀ ਕਰਮਚਾਰੀਆਂ ਵੱਲੋਂ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮੌਕੇ ਉੱਤੇ ਪਹੁੰਚੇ ਪੀੜਤ ਨੌਜਵਾਨ ਦੇ ਸਾਥੀ ਕਾਰਮਚਾਰੀ ਨਿਰਮਲ ਸਿੰਘ ਅਤੇ ਕੇਂਦਰੀ ਜੇਲ੍ਹ ਫਰੀਦਕੋਟ ਦੇ ਸੁਪਰਡੈਂਟ ਰਾਜੀਵ ਅਰੋੜਾ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਚੱਲਿਆ ਸੀ ਕਿ ਟਾਵਰ ਉੱਤੇ ਸਕਿਉਰਟੀ ਵਜੋਂ ਤੈਨਾਤ ਜਵਾਨ ਹਰਜਿੰਦਰ ਸਿੰਘ ਵੱਲੋਂ ਖੁਦ ਨੂੰ ਆਪਣੀ ਸਰਵਿਸ ਗੰਨ ਨਾਲ ਸੂਟ ਕੀਤਾ ਗਿਆ ਹੈ ਜਿਸ ਨੂੰ ਉਸੇ ਵਕਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਇਹ ਮੁਲਾਜ਼ਮ ਜੇਲ੍ਹ ਅੰਦਰ ਬਹੁਤ ਵਧੀਆ ਢੰਗ ਨਾਲ ਡਿਉਟੀ ਨਿਭਾਉਂਦਾ ਸੀ ਅਤੇ ਚੰਗੀਆ ਸੇਵਾਵਾਂ ਬਦਲੇ ਇਸ ਨੂੰ 15 ਅਗਸਤ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ, ਪਰ ਅੱਜ ਜੋ ਇਸ ਨੇ ਕਦਮ ਚੁੱਕਿਆ ਇਸ ਬਾਰੇ ਹਾਲੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਉਹਨਾਂ ਕਿਹਾ ਇਸ ਨੂੰ ਦਾਖਲ ਕਰਵਾਇਆ ਗਿਆ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ।