ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ - Khalistan Zindabad slogans written
ਫਿਰੋਜ਼ਪੁਰ: ਪੰਜਾਬ ਅੰਦਰ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਵਿਰੋਧਤਾ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੇ ਚੱਲਦਿਆਂ ਫਿਰੋਜ਼ਪੁਰ ਦੇ ਕਸਬਾ ਮੁਦਕੀ ਦੇ ਪਿੰਡ ਜੰਡ ਵਾਲਾ ਵਿੱਚ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨ ਜਿੰਦਾਬਾਦ ਅਤੇ ਪੰਜਾਬ ਦਾ ਹੱਲ ਖਾਲਿਸਤਾਨ ਲਿਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੁੱਝ ਲੋਕਾਂ ਵੱਲੋਂ ਪਿੰਡ ਦੇ ਬਾਹਰ ਹਾਈਵੇ ’ਤੇ ਲੱਗੇ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ ਜਿਸ ਤੋਂ ਬਾਅਦ ਤੁਰੰਤ ਪਿੰਡ ਵਾਸੀਆਂ ਨੇ ਇਸ ਘਟਨਾ ਦੀ ਇਤਲਾਹ ਪੁਲਿਸ ਨੂੰ ਦਿੱਤੀ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕਾਲੇ ਰੰਗ ਨਾਲ ਨਾਅਰੇ ਮਿਟਾਏ ਗਏ। ਉਨ੍ਹਾਂ ਕਿਹਾ ਕੁੱਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿੰਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਕੇ ਰੱਖਣੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ ਕਿ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।