ਆਯੂਸ਼ਮਾਨ ਯੋਜਨਾ ਤਹਿਤ ਗਰੀਬਾਂ ਦੇ ਇਲਾਜ ਤੋਂ ਪ੍ਰਾਈਵੇਟ ਹਸਪਤਾਲਾਂ ਨੇ ਕੀਤੇ ਹੱਥ ਖੜ੍ਹੇ - ਗਰੀਬਾਂ ਦੇ ਇਲਾਜ ਤੋਂ ਪ੍ਰਾਈਵੇਟ ਹਸਪਤਾਲਾਂ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਦਿੱਤੀ ਸਹੂਲਤ ਆਯੂਸ਼ਮਾਨ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਕਰਨ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਬਠਿੰਡਾ ਆਈਐੱਮਏ ਦੇ ਪ੍ਰਧਾਨ ਡਾ. ਵਿਕਾਸ ਛਾਬੜਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਦਾ ਕਰੀਬ ਦੋ ਸੌ ਕਰੋੜ ਰੁਪਿਆ ਆਯੂਸ਼ਮਾਨ ਯੋਜਨਾ ਤਹਿਤ ਰਿਲੀਜ਼ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਬੇਨਤੀ ਕਰਨ 'ਤੇ ਵੀ ਸਰਕਾਰ ਵੱਲੋਂ ਇਹ ਪੈਸਾ ਰਿਲੀਜ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੱਠ ਫੀਸਦੀ ਹਿੱਸਾ ਲਗਾਤਾਰ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ ਜਦੋਂ ਕਿ ਚਾਲੀ ਪ੍ਰਤੀਸ਼ਤ ਹਿੱਸਾ ਸੂਬਾ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦਾ ਪੈਸਾ ਰਿਲੀਜ਼ ਨਹੀਂ ਹੁੰਦਾ ਉਦੋਂ ਤੱਕ ਇਸ ਸਕੀਮ 'ਚ ਪ੍ਰਾਈਵੇਟ ਹਸਪਤਾਲ ਇਲਾਜ ਨਹੀਂ ਕਰਨਗੇ।