ਰੋਜ਼ੀ-ਰੋਟੀ ਤੋਂ ਵਾਂਝੇ ਪਰਿਵਾਰਾਂ ਲਈ ਮਸੀਹਾ ਬਣਿਆ 'ਸਰਬੱਤ ਦਾ ਭਲਾ ਟਰੱਸਟ'
ਅੰਮ੍ਰਿਤਸਰ: ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਕਿਰਤ ਕਰੋ ਤੇ ਵੰਡ ਛਕੋ' ਨੂੰ ਸਹੀ ਅਰਥਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਮਿਸਾਲ ਬਣ ਚੁੱਕੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆਂ ਗਿਆ। ਇਸ ਮੁਹਿੰਮ ਦੇ ਤੀਜੇ ਪੜਾਅ ਤਹਿਤ ਗੁਰੂ ਕੀ ਵਡਾਲੀ ਵਿੱਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੇਰੁਜ਼ਗਾਰ ਹੋਏ 60 ਪਾਠੀ ਸਿੰਘਾਂ, ਮਕਬੂਲਪੁਰਾ ਖੇਤਰ ਦੀਆਂ 20 ਵਿਧਵਾ ਔਰਤਾਂ ਅਤੇ 20 ਆਸ਼ਾ ਵਰਕਰਾਂ ਦੇ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆ। ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਇੰਚਾਰਜ ਨੇ ਦੱਸਿਆ ਕਿ ਡਾ.ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਤੀਜੇ ਪੜਾਅ ਤਹਿਤ 1900 ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ।