ਮਾਨ ਸਰਕਾਰ ’ਤੇ ਭੜਕੇ ਜੁਗਾੜੂ ਰੇਹੜੀ ਚਾਲਕ !
ਅੰਮ੍ਰਿਤਸਰ: ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਜੁਗਾੜੂ ਰੇਹੜੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਦੇ ਇਸ ਫੈਸਲੇ ਖਿਲਾਫ਼ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਰੇਹੜੀ ਚਾਲਕ ਸੜਕਾਂ ਉੱਪਰ ਆ ਗਏ ਹਨ। ਅੰਮ੍ਰਿਤਸਰ ਵਿਖੇ ਜੁਗਾੜੂ ਰੇਹੜੀ ਯੂਨੀਅਨ ਦੇ ਆਗੂਆ ਅਤੇ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਅਜਿਹਾ ਫੈਸਲਾ ਲੈਕੇ ਉਨ੍ਹਾਂ ਦਾ ਗਲ੍ਹਾ ਘੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਹਾੜੀ ਕਰਨ ਯੋਗੇ ਵੀ ਨਹੀਂ ਰਹੇ। ਇਸ ਦੌਰਾਨ ਜੁਗਾੜੂ ਰੇਹੜੀ ਯੂਨੀਅਨ ਆਗੂ ਪਵਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਇਕ ਮਹੀਨੇ ਦੇ ਕਾਰਜਕਾਲ ਵਿੱਚ ਨਵੇਂ-ਨਵੇਂ ਆਦੇਸ਼ ਜਾਰੀ ਕਰ ਲੋਕਾਂ ਦੇ ਰੁਜ਼ਗਾਰ ’ਤੇ ਡਾਕਾ ਮਾਰਨ ਦਾ ਕੰਮ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਇਸ ਫੈਸਲੇ ਨੂੰ ਵਾਪਸ ਨਹੀਂ ਲੈਂਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।