401ਵੇਂ ਪ੍ਰਕਾਸ਼ ਪੁਰਬ ‘ਤੇ ਗੁਰੂ ਕੇ ਮਹਿਲ ਗੁਰਦੁਆਰਾ ਸਾਹਿਬ ’ਚ ਲੱਗੀਆਂ ਰੌਣਕਾਂ
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪਹੁੰਚ ਰਹੀ ਹੈ ਹਾਲਾਂਕਿ ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਅੱਜ ਦੇ ਦਿਨ ਸੁੰਦਰ ਜਲੌਅ ਸਾਹਿਬ ਸਜਾਏ ਗਏ ਹਨ। ਜਿਥੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚਦੀ ਹੈ ਉਥੇ ਹੀ ਦੂਜੇ ਪਾਸੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸੰਗਤ ਅੱਜ ਦੇ ਦਿਨ ਹੁੰਮ ਹੁਮਾ ਕੇ ਪਹੁੰਚਦੀ ਹੈ। ਗੁਰਦੁਆਰਾ ਗੁਰੂ ਕੇ ਮਹਿਲ ਵਿਚ ਨਤਮਸਤਕ ਹੋਣ ਆਉਣ ਵਾਲੀ ਸੰਗਤ ਦਾ ਕਹਿਣਾ ਹੈ ਕਿ ਅੱਜ ਨੌਵੇਂ ਪਾਤਸ਼ਾਹੀ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਥੇ ਨਤਮਸਤਕ ਹੋਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਪਣੇ ਆਪ ਨੂੰ ਬੜੇ ਹੀ ਸੁਭਾਗਸ਼ਾਲੀ ਸਮਝਦੇ ਹਨ ਕਿ ਜੋ ਅੱਜ ਦੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਇਸ ਦਿਹਾੜੇ ਨੂੰ ਸਮਰਪਿਤ ਗੁਰੂ ਘਰਾਂ ਵਿੱਚ ਧਾਰਮਿਕ ਸਮਾਗਮ ਵੱਡੇ ਪੱਧਰ ਉੱਪਰ ਕਰਵਾਏ ਜਾ ਰਹੇ ਹਨ।