ਟਰਾਂਸਪੋਰਟ ਮੰਤਰੀ ਦਾ RTO ਦਫ਼ਤਰ ’ਚ ਅਚਨਚੇਤ ਛਾਪਾ, ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਦਿੱਤੀ ਚਿਤਾਵਨੀ - Transport Minister Laljit Bhullar raids RTO office in Bathinda
ਬਠਿੰਡਾ: ਟਰਾਂਸਪੋਰਟ ਵਿਭਾਗ ਵਿੱਚ ਆਏ ਦਿਨ ਪਾਈਆਂ ਜਾ ਰਹੀਆਂ ਵੱਡੀਆਂ ਖਾਮੀਆਂ ਨੂੰ ਵੇਖਦੇ ਬਠਿੰਡਾ ਦੇ ਆਰਟੀਓ ਦਫ਼ਤਰ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰਾਈਵੇਟ ਟਰਾਂਸਪੋਰਟਰ ਜੋ ਆਰਟੀਓ ਦਫ਼ਤਰ ਵਿੱਚ ਬੈਠੇ ਰਹਿੰਦੇ ਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਅਤੇ ਕਿਸੇ ਨੂੰ ਬਿਨਾਂ ਗੱਲ ਤੋਂ ਪਰੇਸ਼ਾਨ ਨਾ ਕਰਨ ਦੀ ਗੱਲ ਕਹੀ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਆਰਟੀਓ ਦਫ਼ਤਰ ਵਿੱਚ ਛਾਪੇਮਾਰੀ ਕਰ ਕੇ ਵੱਡੀਆਂ ਖਾਮੀਆਂ ਪਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਓਵਰ ਟਾਈਮ ਟੇਬਲ ਅਤੇ ਪਰਮਿਟਾਂ ਨੂੰ ਲੈ ਕੇ ਕਾਫ਼ੀ ਊਣਤਾਈਆਂ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਵੱਡੇ ਘਰਾਣਿਆਂ ਦੀਆਂ ਟਰਾਂਸਪੋਰਟਰਾਂ ਵੱਲੋਂ ਪੀਆਰਟੀਸੀ ਬੱਸ ਅਪਰੇਟਰ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਬਰਦਾਸ਼ਤ ਕੀਤੀ ਜਾਵੇਗੀ। ਇਸ ਮੌਕੇ ਅਕਾਲੀ ਦਲ ਨਾਲ ਸਬੰਧਤ ਆਗੂ ਦੀ ਟਰਾਂਸਪੋਰਟ ਕੰਪਨੀ ਦਾ ਵਿਸ਼ੇਸ਼ ਤੌਰ ’ਤੇ ਨਾਂ ਲੈ ਕੇ ਉਨ੍ਹਾਂ ਹਦਾਇਤ ਕੀਤੀ ਕਿ ਆਪਣੀ ਗੁੰਡਾਗਰਦੀ ਤੋਂ ਬਾਜ਼ ਆਉਣ ਨਹੀਂ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।