ਆੜ੍ਹਤੀਆ ਐਸੋਸੀਏਸ਼ਨ ਵੱਲੋਂ 2 ਦਿਨਾਂ ਦੀ ਹੜਤਾਲ, ਕਿਸਾਨ ਹੋਣਗੇ ਪਰੇਸ਼ਾਨ - ਆੜ੍ਹਤੀਆ ਐਸੋਸੀਏਸ਼ਨ ਵੱਲੋਂ 2 ਦਿਨਾਂ ਦੀ ਹੜਤਾਲ
ਮਾਨਸਾ: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਤੇ ਆੜ੍ਹਤ 2.5 ਫ਼ੀਸਦ ਤੋਂ ਘਟਾ ਕੇ 1 ਫ਼ੀਸਦ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਵੱਲੋਂ ਜਨਰਲ ਹਾਊਸ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਸਮੂਹ ਆੜ੍ਹਤੀਆਂ ਵੱਲੋਂ ਦੋ ਦਿਨਾਂ ਲਈ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਇਸ ਫੈਸਲੇ ਨੂੰ ਜਲਦ ਵਾਪਸ ਲਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਆਂ ਤੇ ਨਿਰਭਰ ਕਰਦੀ ਹੈ ਅਤੇ ਜੇਕਰ ਆੜ੍ਹਤੀਆ ਵਰਗ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਨਾਲ ਜੁੜੇ ਕਈ ਹੋਰ ਵਰਗ ਵੀ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਆੜ੍ਹਤੀ ਵਰਗ ਨਾਲ ਕਈ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਆੜਤੀਆਂ ਦੇ ਖਿਲਾਫ ਫੈਸਲੇ ਲੈਣ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਦੋ ਦਿਨਾਂ ਲਈ ਮੁਕੰਮਲ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।