ਮਿਲੀ ਧਮਕੀ ਤੋਂ ਬਾਅਦ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਦੀ ਮਾਨ ਸਰਕਾਰ ਨੂੰ ਵੱਡੀ ਚਿਤਾਵਨੀ !
ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਵਿਖੇ ਰਹਿਣ ਵਾਲੇ ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਜਿਸ ਨੂੰ ਕਿ ਘਰ ਵਿਚ ਦਾਖਲ ਹੋ ਕੇ ਇੱਕ ਸਾਲ ਪਹਿਲਾਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਗਈ ਸੀ। ਬੀਤੇ ਦਿਨਾਂ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਵਿਦੇਸ਼ ਫੋਨ ਤੋਂ ਕਾਲ ਕਰ ਕੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੌਰਿਆ ਚੱਕਰ ਮ੍ਰਿਤਕ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਪ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਦੋਵਾਂ ਲੜਕਿਆਂ ਨੂੰ ਵਿਦੇਸ਼ ਦੇ ਇੱਕ ਅਣਪਛਾਤੇ ਨੰਬਰ ਤੋਂ ਕਾਲ ਆਉਂਦੀ ਹੈ ਤੇ ਉਸ ਵਿੱਚ ਉਸ ਦੇ ਦੋਵਾਂ ਲੜਕਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਗਦੀਪ ਕੌਰ ਨੇ ਕਿਹਾ ਕਿ ਪਹਿਲਾਂ ਵੀ ਉਸ ਦੇ ਪਤੀ ਬਲਵਿੰਦਰ ਸਿੰਘ ਕਾਮਰੇਡ ਦਾ ਘਰ ਵਿੱਚ ਦਾਖ਼ਲ ਹੋ ਕੇ ਕੁਝ ਵਿਅਕਤੀ ਕਤਲ ਕਰ ਚੁੱਕੇ ਹਨ ਜਿਸ ਨੂੰ ਲੈ ਕੇ ਉਹ ਹੁਣ ਵੀ ਸਹਿਮ ਦੇ ਮਾਹੌਲ ਵਿਚ ਬੈਠੇ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਤਰਨਤਾਰਨ ਪੁਲਿਸ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ ਤਾਂ ਜੋ ਕੋਈ ਹੋਰ ਅਣਹੋਣੀ ਘਟਨਾ ਨਾ ਵਾਪਰ ਸਕੇ।