ਨਵੀਂ ਦਿੱਲੀ: ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ 'ਚ ਦਾਖਲ ਹੋਇਆ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਕੋਲੋਂ ਸਾਂਝੇ ਤੌਰ 'ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ 'ਚ ਦਾਖਲ ਹੋਇਆ ਅਤੇ ਅੰਦਰ ਜਾਣ ਦੀ ਕੋਸ਼ਿਸ਼ ਕਰਨ ਲੱਗਾ। ਦਿੱਲੀ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਸਾਂਝੀ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਹਿਚਾਣ ਆਦਿਤਿਆ ਪ੍ਰਤਾਪ ਸਿੰਘ ਵਜੋਂ ਹੋਈ ਹੈ। ਉਸ ਨੂੰ ਦਿੱਲੀ ਕਰਤੱਬ ਮਾਰਗ ਥਾਣੇ ਦੀ ਪੁਲਿਸ ਨੇ ਜਾਅਲੀ ਸ਼ਨਾਖਤੀ ਕਾਰਡ 'ਤੇ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਦੇ ਦਫ਼ਤਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮਾਂ 'ਤੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪੁੱਛਗਿੱਛ 'ਚ ਹੁਣ ਤੱਕ ਕੋਈ ਅੱਤਵਾਦੀ ਕੋਣ ਸਾਹਮਣੇ ਨਹੀਂ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਿਸੇ ਤਰ੍ਹਾਂ ਦੀ ਧੋਖਾਧੜੀ ਕਰਨ ਦੇ ਇਰਾਦੇ ਨਾਲ ਗ੍ਰਹਿ ਮੰਤਰਾਲੇ 'ਚ ਦਾਖਲ ਹੋਇਆ ਸੀ। ਕਰਤੱਬ ਮਾਰਗ ਥਾਣੇ ਦੀ ਪੁਲਿਸ ਤੋਂ ਇਲਾਵਾ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਟੀਮ ਵੀ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਇਰਾਦਿਆਂ ਦਾ ਪਤਾ ਲੱਗ ਸਕੇ। ਫੜੇ ਗਏ ਮੁਲਜ਼ਮ ਆਦਿਤਿਆ ਪ੍ਰਤਾਪ ਸਿੰਘ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਸਾਲ 13 ਦਸੰਬਰ ਨੂੰ ਸੰਸਦ ਦੀ ਸੁਰੱਖਿਆ 'ਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਦੋ ਨੌਜਵਾਨ ਦਰਸ਼ਕ ਗੈਲਰੀ ਤੋਂ ਹੇਠਾਂ ਡੈਸਕ 'ਤੇ ਆ ਗਏ ਅਤੇ ਰੰਗਾਂ ਦਾ ਧੂੰਆਂ ਛੱਡਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਸਾਥੀਆਂ ਨੇ ਸੰਸਦ ਦੇ ਬਾਹਰ ਰੰਗਾਂ ਦਾ ਧੂੰਆਂ ਛੱਡਿਆ ਸੀ। ਬਾਅਦ 'ਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਮਕਸਦ ਸਿਰਫ ਮਣੀਪੁਰ ਹਿੰਸਾ, ਬੇਰੁਜ਼ਗਾਰੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਦਿਵਾਉਣਾ ਸੀ। ਇਸ ਮਾਮਲੇ ਵਿੱਚ ਕੁੱਲ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।