ਨਵੀਂ ਦਿੱਲੀ: ਕਾਂਗਰਸ ਪਾਰਟੀ ਬਹੁਤ ਜਲਦੀ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ, ਜਿਸ ਵਿੱਚ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦਾ ਨਾਂ ਵੀ ਸ਼ਾਮਲ ਹੋ ਸਕਦਾ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਪਾਰਟੀ ਆਗੂ ਮੰਗਲਵਾਰ ਰਾਤ ਜਾਂ ਬੁੱਧਵਾਰ ਤੱਕ ਪਾਰਟੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 15 ਫਰਵਰੀ ਹੈ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੋਨੀਆ ਗਾਂਧੀ ਨੂੰ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ ਅਤੇ ਉਹ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੀਆਂ ਹਨ। ਸੋਨੀਆ ਗਾਂਧੀ 1999 ਤੋਂ ਲਗਾਤਾਰ ਲੋਕ ਸਭਾ ਦੀ ਮੈਂਬਰ ਰਹੀ ਹੈ। ਰਾਜ ਸਭਾ ਉਮੀਦਵਾਰ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਕਿ ਉਹ ਸੰਸਦ ਦੇ ਉਪਰਲੇ ਸਦਨ 'ਚ ਜਾਵੇਗੀ।
ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਚੋਣਾਂ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਗੱਲਬਾਤ ਕੀਤੀ ਹੈ। ਖੜਗੇ ਨੇ ਮੰਗਲਵਾਰ ਨੂੰ ਛੱਤੀਸਗੜ੍ਹ 'ਚ ਰਾਹੁਲ ਗਾਂਧੀ ਨਾਲ ਸਾਂਝੀ ਮੀਟਿੰਗ ਨੂੰ ਸੰਬੋਧਨ ਕੀਤਾ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ 'ਚ ਰਾਜ ਸਭਾ ਚੋਣਾਂ ਦੇ ਮੁੱਦੇ 'ਤੇ ਚਰਚਾ ਹੋ ਸਕਦੀ ਹੈ।
ਕਾਂਗਰਸ ਕਰਨਾਟਕ, ਤੇਲੰਗਾਨਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਸੀਟਾਂ ਜਿੱਤਣ ਦੀ ਸਥਿਤੀ ਵਿੱਚ ਹੈ। ਕਾਂਗਰਸ ਨਾਲ ਜੁੜੇ ਇੱਕ ਸੂਤਰ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਰਾਜਸਥਾਨ ਤੋਂ ਰਾਜ ਸਭਾ ਚੋਣਾਂ ਵਿੱਚ ਉਤਾਰਿਆ ਜਾ ਸਕਦਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਕਾਰਜਕਾਲ ਇਸ ਸਾਲ ਅਪ੍ਰੈਲ 'ਚ ਖਤਮ ਹੋਣ ਕਾਰਨ ਇਕ ਸੀਟ ਖਾਲੀ ਹੋ ਜਾਵੇਗੀ।
ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦਾ ਕਾਰਜਕਾਲ ਵੀ ਅਪ੍ਰੈਲ 'ਚ ਖਤਮ ਹੋ ਰਿਹਾ ਹੈ। ਹਾਲ ਹੀ 'ਚ ਉੱਚ ਸਦਨ ਤੋਂ ਅਸਤੀਫਾ ਦੇਣ ਵਾਲੇ ਕਿਰੋਰੀ ਲਾਲ ਮੀਨਾ ਦਾ ਕਾਰਜਕਾਲ ਵੀ ਅਪ੍ਰੈਲ 'ਚ ਖਤਮ ਹੋ ਜਾਵੇਗਾ। ਭਾਜਪਾ ਪਹਿਲਾਂ ਹੀ ਰਾਜਸਥਾਨ ਤੋਂ ਰਾਜ ਸਭਾ ਚੋਣਾਂ ਲਈ ਮਦਨ ਰਾਠੌੜ ਅਤੇ ਚੁੰਨੀਲਾਲ ਗਰਾਸੀਆ ਨੂੰ ਉਮੀਦਵਾਰ ਐਲਾਨ ਚੁੱਕੀ ਹੈ।
ਇਕ ਸੂਤਰ ਨੇ ਕਿਹਾ ਕਿ 'ਪਾਰਟੀ ਵੱਲੋਂ ਸੋਨੀਆ ਗਾਂਧੀ ਨੂੰ ਰਾਜ ਸਭਾ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਹੈ। ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਲੀਡਰਸ਼ਿਪ ਨੂੰ ਸੂਬੇ ਤੋਂ ਰਾਜ ਸਭਾ ਸੀਟ ਲਈ ਸੋਨੀਆ ਗਾਂਧੀ ਨੂੰ ਨਾਮਜ਼ਦ ਕਰਨ ਦੀ ਬੇਨਤੀ ਕੀਤੀ ਸੀ।
8 ਫਰਵਰੀ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨੇ ਸ਼ੁਰੂ ਹੋ ਗਏ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 16 ਫਰਵਰੀ ਨੂੰ ਹੋਵੇਗੀ, ਜਦਕਿ ਉਮੀਦਵਾਰ 20 ਫਰਵਰੀ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਜੇਕਰ ਲੋੜ ਪਈ ਤਾਂ 27 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਤੱਕ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।