ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੂਨ ਤੱਕ ਵਧਾ ਦਿੱਤੀ ਹੈ। ਸੋਮਵਾਰ ਨੂੰ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ, ਅਦਾਲਤ ਨੇ ਕਵਿਤਾ ਨੂੰ 14 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 6 ਮਈ ਨੂੰ ਅਦਾਲਤ ਨੇ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਇਹ ਹੈ ਪੂਰਾ ਮਾਮਲਾ: ਦੱਸ ਦੇਈਏ ਕਿ ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਵਿੱਚ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਦੇ ਮੁਤਾਬਕ, ਇੰਡੋ ਸਪਿਰਿਟਸ ਦੇ ਮਾਧਿਅਮ ਨਾਲ ਹੋਏ ਮੁਨਾਫ਼ੇ ਦਾ 33 ਫ਼ੀਸਦੀ ਹਿੱਸਾ ਕਵਿਤਾ ਤੱਕ ਪਹੁੰਚਿਆ। ਕਵਿਤਾ ਸ਼ਰਾਬ ਕਾਰੋਬਾਰੀਆਂ ਦੀ ਲਾਬੀ ਸਾਊਥ ਗਰੁੱਪ ਨਾਲ ਜੁੜੀ ਹੋਈ ਸੀ। ਈਡੀ ਨੇ ਕਵਿਤਾ ਨੂੰ ਪੁੱਛਗਿੱਛ ਲਈ ਦੋ ਵਾਰ ਸੰਮਨ ਭੇਜੇ ਸਨ, ਪਰ ਕਵਿਤਾ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਪੇਸ਼ ਨਹੀਂ ਹੋਈ, ਜਿਸ ਤੋਂ ਬਾਅਦ ਛਾਪੇਮਾਰੀ ਕੀਤੀ ਗਈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਈਡੀ ਮਾਮਲੇ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਵਿੱਚ, ਬੀਆਰਐਸ ਨੇਤਾ ਨੇ ਕਿਹਾ ਕਿ ਉਸਦਾ ਆਬਕਾਰੀ ਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕੇਂਦਰ ਦੀ ਸੱਤਾਧਾਰੀ ਪਾਰਟੀ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਸਰਗਰਮ ਮਿਲੀਭੁਗਤ ਨਾਲ ਉਸ ਵਿਰੁੱਧ ਅਪਰਾਧਿਕ ਸਾਜ਼ਿਸ਼ ਰਚੀ ਗਈ ਹੈ।
ਹੁਣ ਤੱਕ 18 ਗ੍ਰਿਫਤਾਰੀਆਂ ਹੋਈਆਂ : ਸੀਬੀਆਈ ਨੇ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਮੁਤਾਬਕ ਕੇ ਕਵਿਤਾ ਵੀ ਦਿੱਲੀ ਆਬਕਾਰੀ ਘੁਟਾਲੇ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ 17 ਅਗਸਤ 2022 ਨੂੰ ਐਫਆਈਆਰ ਦਰਜ ਕੀਤੀ ਸੀ। ਜਦਕਿ ਈਡੀ ਨੇ 22 ਅਗਸਤ ਨੂੰ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ ਕਵਿਤਾ ਸ਼ਾਮਲ ਹਨ।