ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਵਿੱਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਈਡੀ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਭੇਜਿਆ ਹੈ। ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਪੁੱਛਗਿੱਛ ਲਈ ਆਪਣੇ ਹੈੱਡਕੁਆਰਟਰ ਬੁਲਾਇਆ ਹੈ। ਇਸ ਤੋਂ ਪਹਿਲਾਂ ਈਡੀ ਨੇ 8 ਸੰਮਨ ਭੇਜੇ ਹਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਵੱਲੋਂ ਭੇਜੇ ਗਏ ਲਗਾਤਾਰ ਸੰਮਨਾਂ 'ਤੇ ਪੁੱਛਗਿੱਛ ਲਈ ਪੇਸ਼ ਨਾ ਹੋਣ ਕਾਰਨ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਸੀ। ਸ਼ਨੀਵਾਰ ਨੂੰ ਹੀ ਅਰਵਿੰਦ ਕੇਜਰੀਵਾਲ ਰਾਉਸ ਐਵੇਨਿਊ ਕੋਰਟ 'ਚ ਪੇਸ਼ ਹੋਏ ਅਤੇ ਉਨ੍ਹਾਂ ਦੀ ਮੌਜੂਦਗੀ ਮਾਰਕ ਕੀਤੀ ਅਤੇ ਫਿਰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਜੇ ਤੱਕ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ।
ਅਦਾਲਤ ਵਿੱਚ ਉਸ ਨੇ ਈਡੀ ਨੂੰ ਕੁਝ ਵਿਸ਼ੇਸ਼ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਵੀ ਬੇਨਤੀ ਕੀਤੀ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਅਤੇ ਮਾਮਲੇ ਦੀ ਅਗਲੀ ਸੁਣਵਾਈ 1 ਅਪ੍ਰੈਲ ਨੂੰ ਤੈਅ ਕੀਤੀ ਹੈ। ਪਰ ਇਸ ਤੋਂ ਬਾਅਦ ਈਡੀ ਨੇ ਨੌਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਈਡੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਦਿੱਲੀ ਸ਼ਰਾਬ ਘੁਟਾਲੇ 'ਚ ਅਰਵਿੰਦ ਕੇਜਰੀਵਾਲ 'ਤੇ ਦੋਸ਼ ਹੈ ਕਿ ਇਸ ਸ਼ਰਾਬ ਨੀਤੀ ਸਬੰਧੀ ਖਰੜਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਚ ਬਣਾਇਆ ਗਿਆ ਸੀ ਅਤੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ।
ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਵਿੱਚ ਘਪਲੇ ਦੀ ਜਾਂਚ ਕਰ ਰਹੀ ਈਡੀ ਨੇ ਨਵੰਬਰ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲਾ ਸੰਮਨ ਭੇਜਿਆ ਸੀ। ਉਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਤੋਂ ਬਾਅਦ ਇਕ ਭੇਜੇ ਗਏ ਸਾਰੇ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਉਸ ਨੇ ਈਡੀ ਵੱਲੋਂ ਭੇਜੇ ਸੰਮਨ ਦੇ ਬਦਲੇ ਆਪਣਾ ਲਿਖਤੀ ਜਵਾਬ ਭੇਜਿਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੀਬੀਆਈ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ।