ਨਵੀਂ ਦਿੱਲੀ: ਚੋਣ ਕਮਿਸ਼ਨਰ ਅਰੁਣ ਗੋਇਲ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਸੰਭਾਵਿਤ ਐਲਾਨ ਤੋਂ ਕੁਝ ਦਿਨ ਪਹਿਲਾਂ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਗੋਇਲ ਦਾ ਕਾਰਜਕਾਲ ਦਸੰਬਰ 2027 ਤੱਕ ਸੀ। ਕਾਨੂੰਨ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ, ਗੋਇਲ ਦਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਸਵੀਕਾਰ ਕਰ ਲਿਆ ਸੀ, ਜੋ ਅੱਜ ਤੋਂ ਹੀ ਲਾਗੂ ਹੋ ਗਿਆ।
ਹਾਲਾਂਕਿ, ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਇਲ ਨੇ ਅਸਤੀਫਾ ਕਿਉਂ ਦਿੱਤਾ। ਸੇਵਾਮੁਕਤ ਨੌਕਰਸ਼ਾਹ ਗੋਇਲ ਪੰਜਾਬ ਕੇਡਰ ਦੇ 1985 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਨਵੰਬਰ 2022 ਵਿੱਚ ਚੋਣ ਕਮਿਸ਼ਨ ਵਿੱਚ ਸ਼ਾਮਲ ਹੋਏ ਸਨ। ਫਰਵਰੀ ਵਿੱਚ ਅਨੂਪ ਪਾਂਡੇ ਦੇ ਸੇਵਾਮੁਕਤ ਹੋਣ ਅਤੇ ਗੋਇਲ ਦੇ ਅਸਤੀਫ਼ੇ ਤੋਂ ਬਾਅਦ, ਚੋਣ ਕਮਿਸ਼ਨ ਦੀ ਤਿੰਨ ਮੈਂਬਰੀ ਕਮੇਟੀ ਵਿੱਚ ਹੁਣ ਸਿਰਫ਼ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹਨ।
ਤੁਹਾਨੂੰ ਦੱਸ ਦਈਏ ਕਿ ਅਰੁਣ ਗੋਇਲ 1985 ਬੈਚ ਦੇ ਆਈਏਐਸ ਅਧਿਕਾਰੀ ਰਹਿ ਚੁੱਕੇ ਹਨ। ਉਨ੍ਹਾਂ ਨੇ 18 ਨਵੰਬਰ 2022 ਨੂੰ ਆਪਣੀ ਮਰਜ਼ੀ ਨਾਲ ਸੇਵਾਮੁਕਤੀ ਲੈ ਲਈ ਸੀ ਅਤੇ ਅਗਲੇ ਹੀ ਦਿਨ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤਾ ਗਿਆ ਸੀ। ਇਸ 'ਤੇ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਰਕਾਰ ਤੋਂ ਜਾਣਕਾਰੀ ਮੰਗੀ ਸੀ ਕਿ ਵੀਆਰਐਸ ਲੈਣ ਦੇ ਅਗਲੇ ਦਿਨ ਹੀ ਉਨ੍ਹਾਂ ਨੂੰ ਚੋਣ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤ ਕਰਨ ਲਈ ਇੰਨੀ ਜਲਦਬਾਜ਼ੀ ਕਿਉਂ ਕੀਤੀ ਗਈ।
ਫਿਲਹਾਲ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਨੇ ਜੰਮੂ-ਕਸ਼ਮੀਰ ਜਾਣਾ ਹੈ। ਕਮਿਸ਼ਨ ਦੀ ਟੀਮ ਦੋ ਦਿਨ ਪਹਿਲਾਂ ਹੀ ਪੱਛਮੀ ਬੰਗਾਲ ਤੋਂ ਵਾਪਸ ਆਈ ਹੈ। ਅਜਿਹੇ 'ਚ ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਚਾਨਕ ਅਸਤੀਫੇ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।