ਨਵੀਂ ਦਿੱਲੀ: ਦਿੱਲੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰ ਫੜ ਗਈਆਂ ਹਨ। ਇਸ ਸਿਆਸੀ ਘਮਾਸਾਨ ਦਰਮਿਆਨ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਦੇ ਅਧਿਆਪਕਾਂ ਨਾਲ ਵੱਡਾ ਵਾਅਦਾ ਕੀਤਾ ਸੀ, ਜੋ ਹੁਣ ਵਿਵਾਦਾਂ ਵਿੱਚ ਘਿਰਦਾ ਨਜ਼ਰ ਆ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ 180 ਈਟੀਟੀ ਅਧਿਆਪਕਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ।
ਪੰਜਾਬ ਦੇ ਅਧਿਆਪਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਤਨਖਾਹ ਸਕੇਲ ਸਬੰਧੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਹੱਥਾਂ ਵਿੱਚ ਗੁਲਾਬ ਦੇ ਫੁੱਲ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੇ ਦਿੱਲੀ ਆਉਣ ਦਾ ਫੈਸਲਾ ਕੀਤਾ ਤਾਂ ਜੋ ਉਹ ਅਰਵਿੰਦ ਕੇਜਰੀਵਾਲ ਤੋਂ ਮਦਦ ਲੈ ਸਕਣ।
ਹਾਲਾਂਕਿ, ਜਿਵੇਂ ਹੀ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕੀਤੀ, ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਇਹ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਦੀ ਉਲੰਘਣਾ ਹੈ। ਪ੍ਰਦਰਸ਼ਨਕਾਰੀ ਅਧਿਆਪਕ ਨੇ ਕਿਹਾ, "ਪਿਛਲੇ ਕਈ ਮਹੀਨਿਆਂ ਤੋਂ ਅਸੀਂ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਾਂ, ਪਰ ਸਾਡੀ ਕੋਈ ਨਹੀਂ ਸੁਣ ਰਿਹਾ। ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦੇ ਕੀਤੇ ਸਨ, ਪਰ ਹੁਣ ਉਹ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੇ ਹਨ।"
ਇਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਅਰਵਿੰਦ ਕੇਜਰੀਵਾਲ ਦੀਆਂ ਗੱਲਾਂ ਨੂੰ ਮਹੱਤਵ ਦਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੇ। ਇਸ ਸਥਿਤੀ ਨੇ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਚੁਣੌਤੀਆਂ ਪੈਦਾ ਕਰ ਦਿੱਤੀਆਂ ਹਨ।